ਚੰਡੀਗੜ੍ਹ, 07 ਸਤੰਬਰ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ਨਿਯੁਕਤੀ ’ਤੇ ਇਤਰਾਜ਼ ਜਤਾਏ ਜਾਣ ਦੇ ਬਾਵਜੂਦ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੋਮਵਾਰ ਨੂੰ ਪੰਜਾਬ ਲੋਕ ਭਵਨ ਵਿਖੇ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 37ਵੇਂ ਮੁੱਖ ਜੱਜ ਵਜੋਂ ਅਹੁਦਾ ਸੰਭਾਲ ਲਿਆ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਅਤੇ ਭੇਦ ਦੀ ਸਹੁੰ ਚੁਕਾਈ। ਜਸਟਿਸ ਮਿਸ਼ਰਾ ਤੋਂ ਪਹਿਲਾਂ ਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਸਨ। ਜੂਨ 2026 ਵਿੱਚ ਜਸਟਿਸ ਨਾਗੂ ਦੀ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤੀ ਤੋਂ ਬਾਅਦ ਹਾਈਕੋਰਟ ਦੇ ਮੁੱਖ ਜੱਜ ਦਾ ਅਹੁਦਾ ਖਾਲੀ ਹੋ ਗਿਆ ਸੀ। ਇਸ ਤੋਂ ਬਾਅਦ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਕਾਰਜਕਾਰੀ ਮੁੱਖ ਜੱਜ ਵਜੋਂ ਸੇਵਾਵਾਂ ਨਿਭਾ ਰਹੇ ਸਨ। ਜਸਟਿਸ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਐਤਵਾਰ ਨੂੰ ਐਮਰਜੈਂਸੀ ਕੈਬਨਿਟ ਮੀਟਿੰਗ ਕਰਕੇ ਇਤਰਾਜ਼ ਦਰਜ ਕਰਵਾਇਆ ਸੀ। ਕੈਬਨਿਟ ਦੇ ਮਤੇ ਵਿੱਚ ਕਿਹਾ ਗਿਆ ਕਿ ਨਿਯੁਕਤੀ ਦੀ ਪ੍ਰਕਿਰਿਆ ਦੌਰਾਨ ਪੰਜਾਬ ਸਰਕਾਰ ਦੀ ਰਾਏ ਨਹੀਂ ਲਈ ਗਈ ਅਤੇ ਐੱਸ.ਓ.ਪੀ. ਦੀ ਪਾਲਣਾ ਨਹੀਂ ਹੋਈ। ਸਰਕਾਰ ਨੇ ਇਸ ਆਧਾਰ ’ਤੇ ਸਹੁੰ ਚੁੱਕ ਸਮਾਗਮ ਰੋਕਣ ਦੀ ਮੰਗ ਵੀ ਕੀਤੀ ਸੀ। ਹਾਲਾਂਕਿ ਨਿਰਧਾਰਤ ਪ੍ਰੋਗਰਾਮ ਅਨੁਸਾਰ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਪੰਜਾਬ ਸਰਕਾਰ ਵੱਲੋਂ ਕੀਤੇ ਐਲਾਨ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੇ ਹੋਰ ਮੰਤਰੀ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ। ਮੰਚ ’ਤੇ ਮੁੱਖ ਮੰਤਰੀ ਲਈ ਰੱਖੀ ਕੁਰਸੀ ਵੀ ਖਾਲੀ ਰਹੀ। ਸਮਾਗਮ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਲੋਕ ਭਵਨ ਵੱਲ ਜਾਣ ਵਾਲੇ ਰਸਤਿਆਂ ’ਤੇ ਸੁਰੱਖਿਆ ਵਧਾਉਣ ਦੇ ਨਾਲ ਕਈ ਰਸਤਿਆਂ ’ਤੇ ਆਵਾਜਾਈ ਨੂੰ ਬਦਲਵੇਂ ਮਾਰਗਾਂ ਰਾਹੀਂ ਚਲਾਇਆ ਗਿਆ। ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ।ਸਹੁੰ ਚੁੱਕ ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼, ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਸਮੇਤ ਕਈ ਅਧਿਕਾਰੀ ਵੀ ਮੌਜੂਦ ਰਹੇ।