ਚੰਡੀਗੜ੍ਹ, (ਹਿੰ.ਸ.) ਪੰਜਾਬ ਸਰਕਾਰ ਨੇ ਮਾਨਸੂਨ ਦੌਰਾਨ ਹੜ੍ਹਾਂ ਦੀ ਸੰਭਾਵਿਤ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੂਬੇ ਭਰ ਵਿੱਚ ਵਿਆਪਕ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜਲ ਸਰੋਤ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਦੀ ਜਾਨ-ਮਾਲ, ਖੇਤੀਯੋਗ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਹੜ੍ਹ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਲਗਭਗ 414.75 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪ੍ਰਾਜੈਕਟਾਂ 'ਤੇ ਕੰਮ ਕੀਤਾ ਗਿਆ ਹੈ। ਇਨ੍ਹਾਂ ਵਿੱਚ 101 ਬੋਲਡਰ ਸਟੋਨ ਅਤੇ ਹਾਈਬ੍ਰਿਡ ਸੁਰੱਖਿਆ ਕਾਰਜ, 17 ਬੰਨ੍ਹਾਂ ਨੂੰ ਉੱਚਾ ਚੁੱਕਣਾ, 22 ਬੰਨ੍ਹਾਂ ਨੂੰ ਮਜ਼ਬੂਤ ਕਰਨਾ, 188 ਡਰੇਨਾਂ ਦੀ ਸਫ਼ਾਈ ਅਤੇ ਪੰਜ ਫਲੱਡ ਕੰਟਰੋਲ ਗੇਟਾਂ ਦੇ ਸੰਚਾਲਨ ਨਾਲ ਸਬੰਧਤ ਕੰਮ ਸ਼ਾਮਲ ਹਨ। ਮੀਟਿੰਗ ਦੌਰਾਨ ਮੰਤਰੀ ਨੇ ਹੜ੍ਹ ਸੁਰੱਖਿਆ ਅਤੇ ਡਰੇਨੇਜ ਪ੍ਰਬੰਧਨ ਨਾਲ ਜੁੜੇ ਸਾਰੇ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਿਆਵਾਂ, ਡਰੇਨਾਂ, ਬੰਨ੍ਹਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ 24 ਘੰਟੇ ਨਿਗਰਾਨੀ ਰੱਖੀ ਜਾਵੇ ਅਤੇ ਜਿੱਥੇ ਵੀ ਕੋਈ ਕਮੀ ਨਜ਼ਰ ਆਵੇ, ਉੱਥੇ ਤੁਰੰਤ ਸੁਧਾਰਾਤਮਕ ਕਾਰਵਾਈ ਕੀਤੀ ਜਾਵੇ, ਤਾਂ ਜੋ ਮਾਨਸੂਨ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬੇ ਵਿੱਚ ਡਰੇਨਾਂ ਵਿੱਚੋਂ ਗਾਰ ਕੱਢਣ ਦੇ ਕੰਮਾਂ ਦੀ ਵੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਖੁਦ ਵੀ ਪਿਛਲੇ ਦਿਨਾਂ ਦੌਰਾਨ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੀਆਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਤੋਂ ਬਾਅਦ ਵਿਭਾਗ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਲ ਸਰੋਤ ਮੰਤਰੀ ਨੇ ਕਿਹਾ ਕਿ ਸਾਰੇ ਫੀਲਡ ਅਧਿਕਾਰੀਆਂ ਨੂੰ ਮਾਨਸੂਨ ਦੌਰਾਨ ਹਰ ਸਮੇਂ ਚੌਕਸ ਰਹਿਣ, ਹੜ੍ਹ ਪ੍ਰਭਾਵਿਤ ਖੇਤਰਾਂ 'ਤੇ ਲਗਾਤਾਰ ਨਜ਼ਰ ਰੱਖਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਿਭਾਗਾਂ ਅਤੇ ਏਜੰਸੀਆਂ ਵਿਚਾਲੇ ਬਿਹਤਰ ਤਾਲਮੇਲ ਰਾਹੀਂ ਹੜ੍ਹਾਂ ਨਾਲ ਸਬੰਧਤ ਹਰ ਚੁਣੌਤੀ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਤਾਂ ਜੋ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਮਾਨਸੂਨ ਸੀਜ਼ਨ ਨਾਲ ਆ ਰਹੀਆਂ ਦਿੱਕਤਾਂ ਨਾਲ ਨਜਿੱਠਣ ਲਈ ਤਿਆਰ
ਪੰਜਾਬ ਸਰਕਾਰ ਮਾਨਸੂਨ ਸੀਜ਼ਨ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਬਰਿੰਦਰ ਕੁਮਾਰ ਗੋਇਲ
ਪੰਜਾਬ ਸਰਕਾਰ ਨੇ ਜਲਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਮਾਨਸੂਨ ਦੌਰਾਨ ਹੜ੍ਹਾਂ ਦੇ ਖਤਰੇ ਨੂੰ ਨਿਯੰਤਰੀਤ ਕਰਨ ਲਈ ਉਪਕਰਮ ਸਥਾਪਿਤ ਕੀਤੇ ਹਨ। ਲਗਭਗ 414.75 ਕਰੋੜ ਰੁਪਏ ਦੀ ਬਜਟ ਨਾਲ, ਤਿੰਨ ਡਰੇਨਾਂ ਦੀਆਂ ਸਫ਼ਾਈਆਂ ਅਤੇ ਵੱਖ-ਵੱਖ ਬੰਨ੍ਹਾਂ ਨੂੰ ਮਜ਼ਬੂਤ ਕਰਨ ਵਾਲੀਆਂ ਪ੍ਰਾਜੈਕਟਾਂ ਸ਼ੁਰੂ ਕੀਤੀਆਂ ਗਈਆਂ ਹਨ। ਚੌਕਸ ਨਿਗਰਾਨੀ, ਐਮਰਜੈਂਸੀ ਹਦਾਇਤਾਂ ਅਤੇ ਲੋਕਾਂ ਦੀ ਸੁਰੱਖਿਆ ਲਈ ਸਥਿਰ ਤਲਮੇਲ ਦਾ ਕੰਮ ਕੀਤਾ ਜਾ ਰਿਹਾ ਹੈ।
By :
True Update
,
Tanish kajla
•