ਚੰਡੀਗੜ੍ਹ, 09 ਸਤੰਬਰ (ਹਿੰ.ਸ.) : ਪੰਜਾਬ ਵਿੱਚ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੇ ਫੈਸਲੇ ਮੁਤਾਬਕ 12 ਸਤੰਬਰ ਤੋਂ ਖੁੱਲ੍ਹੇ ਵਿੱਚ ਕੂੜਾ ਸੁੱਟਦੇ ਫੜੇ ਜਾਣ ’ਤੇ 2 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਜਾਵੇਗਾ। ਦੂਜੀ ਵਾਰ ਇਹ ਉਲੰਘਣਾ ਕਰਨ ’ਤੇ ਸਬੰਧਤ ਵਿਅਕਤੀ ਖ਼ਿਲਾਫ਼ ਕੇਸ ਵੀ ਦਰਜ ਕੀਤਾ ਜਾਵੇਗਾ। ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਚਲਾਏ ਜਾ ਰਹੇ ਸਫਾਈ ਅਭਿਆਨ 2.0 ਨੂੰ ਪੰਜ ਦਿਨ ਹੋਰ ਵਧਾਇਆ ਗਿਆ ਹੈ। 29 ਅਗਸਤ ਤੋਂ ਸ਼ੁਰੂ ਹੋਈ ਇਸ ਮੁਹਿੰਮ ਦਾ ਉਦੇਸ਼ ਸ਼ਹਿਰਾਂ ਵਿੱਚ ਸਫਾਈ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣਾ ਹੈ। ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਾਰ ਸ਼ਨੀਵਾਰਾਂ ਨੂੰ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਵੇਗੀ। ਇਸ ਵਿੱਚ ਗੈਰ-ਸਰਕਾਰੀ ਸੰਸਥਾਵਾਂ, ਮਾਰਕੀਟ ਕਮੇਟੀਆਂ, ਯੂਥ ਕਲੱਬਾਂ, ਧਾਰਮਿਕ ਸੰਸਥਾਵਾਂ ਅਤੇ ਰਿਹਾਇਸ਼ੀ ਭਲਾਈ ਐਸੋਸੀਏਸ਼ਨਾਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ।ਹਰਜੋਤ ਬੈਂਸ ਮੁਤਾਬਕ ਐਮ-ਸੇਵਾ ਐਪ ’ਤੇ ਹੁਣ ਤੱਕ 6,459 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 5,407 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਹ ਕੁੱਲ ਸ਼ਿਕਾਇਤਾਂ ਦਾ 83 ਫੀਸਦੀ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਘਰ-ਘਰ ਤੋਂ ਕੂੜਾ ਇਕੱਠਾ ਕਰਨ ਦੀ ਵਿਵਸਥਾ ਸ਼ੁਰੂ ਕੀਤੀ ਜਾ ਚੁੱਕੀ ਹੈ। ਸਰਕਾਰ ਨੇ ਲੋਕਾਂ ਨੂੰ ਸੜਕਾਂ, ਖਾਲੀ ਥਾਵਾਂ ਜਾਂ ਹੋਰ ਜਨਤਕ ਸਥਾਨਾਂ ’ਤੇ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਕੂੜਾ ਚੁੱਕਣ ਵਾਲੀ ਗੱਡੀ ਦੇ ਆਉਣ ਤੱਕ ਕੂੜਾ ਘਰ ਵਿੱਚ ਹੀ ਰੱਖਣ ਲਈ ਕਿਹਾ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਪ੍ਰਸ਼ਾਸਨਿਕ ਕਾਰਵਾਈ ਦੇ ਨਾਲ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਜ਼ਰੂਰੀ ਹੈ। ਨਵੇਂ ਜੁਰਮਾਨੇ ਅਤੇ ਸਖ਼ਤ ਕਾਰਵਾਈ ਰਾਹੀਂ ਖੁੱਲ੍ਹੇ ਵਿੱਚ ਕੂੜਾ ਸੁੱਟਣ ਦੀ ਪ੍ਰਥਾ ’ਤੇ ਰੋਕ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦੂਜੀ ਵਾਰ ਉਲੰਘਣਾ ਕਰਨ ’ਤੇ ਦਰਜ ਹੋਵੇਗਾ ਕੇਸ
ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ ’ਤੇ ਹੋਵੇਗੀ ਸਖ਼ਤੀ, 2 ਹਜ਼ਾਰ ਰੁਪਏ ਜੁਰਮਾਨਾ
ਸਫ਼ਾਈ ਅਭਿਆਨ 2.0 ਤਹਿਤ 166 ਸ਼ਹਿਰੀ ਸਥਾਨਕ ਇਕਾਈਆਂ 'ਚ ਵਿਸ਼ੇਸ਼ ਸਫਾਈ ਮੁਹਿੰਮ ਵੀ ਚਲਾਈ ਜਾਵੇਗੀ
By :
True Update
,
Harmanjot Singh
•