ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਸਫ਼ਾਇਆ ਨਹੀਂ ਹੋ ਜਾਂਦਾ। ਉਨ੍ਹਾਂ ਐਲਾਨ ਕੀਤਾ ਕਿ 'ਯੁੱਧ ਨਸ਼ਿਆਂ ਵਿਰੁੱਧ' ਦੀ ਸ਼ਾਨਦਾਰ ਸਫਲਤਾ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸੰਭਵ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਕੇਂਦਰਾਂ ਵਿੱਚ ਲੈ ਕੇ ਉਨ੍ਹਾਂ ਦਾ ਇਲਾਜ ਯਕੀਨੀ ਬਣਾਇਆ ਹੈ ਤਾਂ ਕਿ ਉਹ ਗੈਰਤ ਅਤੇ ਸਵੈ-ਮਾਣ ਨਾਲ ਜੀ ਸਕਣ। ਉਨ੍ਹਾਂ ਕਿਹਾ, “ਅਸੀਂ ਪਿਛਲੇ 500 ਦਿਨਾਂ ਵਿੱਚ 70,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 13,000 ਪਿੰਡਾਂ ਵਿੱਚ ਲਗਪਗ 1.25 ਲੱਖ ਵਲੰਟੀਅਰ ਨਸ਼ਿਆਂ ਦੇ ਖ਼ਾਤਮੇ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਵਿੱਚ 'ਚਿੱਟਾ' ਲਿਆਂਦਾ ਅਤੇ ਕਾਂਗਰਸ ਨੇ ਇਸ ਨੂੰ ਅੱਗੇ ਵਧਾਇਆ ਤੇ ਇਸ ਦੀ ਪੁਸ਼ਤਪਨਾਹੀ ਕੀਤੀ। ਇਹ ਦੋਵੇਂ ਪਾਰਟੀਆਂ ਸੂਬੇ ਵਿੱਚ ਮਾੜੇ ਸ਼ਾਸਨ ਲਈ ਜ਼ਿੰਮੇਵਾਰ ਸਨ। ਉਨ੍ਹਾਂ ਅੱਗੇ ਕਿਹਾ, “ਅੱਜ ਸਾਡੀ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰ ਦਿੱਤਾ ਹੈ। ਕਿਸੇ ਨੂੰ ਨਸ਼ਾ ਛੁਡਾਉਣ ਵਿੱਚ ਮਦਦ ਕਰਨਾ ਉਸ ਵਿਅਕਤੀ ਨੂੰ ਤੀਰਥ ਯਾਤਰਾ 'ਤੇ ਲੈ ਕੇ ਜਾਣ ਦੇ ਬਰਾਬਰ ਹੈ। ਮੈਨੂੰ ਇਸ ਗੱਲ ਦੀ ਬਹੁਤ ਸੰਤੁਸ਼ਟੀ ਹੈ ਕਿ ਸਾਡੀ ਸਰਕਾਰ ਨੇ ਸਿੱਖਿਆ ਕ੍ਰਾਂਤੀ ਰਾਹੀਂ ਪੰਜਾਬ ਦੇ ਇਤਿਹਾਸ ਨੂੰ 'ਉੱਡਦਾ ਪੰਜਾਬ' ਤੋਂ 'ਪੜ੍ਹਦਾ ਪੰਜਾਬ' ਵਿੱਚ ਬਦਲ ਦਿੱਤਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਨਾਗਰਿਕ ਲਈ ਵਿਆਪਕ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ। ਉਨ੍ਹਾਂ ਕਿਹਾ, “ਇਹ ਯੋਜਨਾ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੇਸ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ, ਜੋ ਅਜਿਹਾ ਵਿਆਪਕ ਸਿਹਤ ਬੀਮਾ ਕਵਰ ਪ੍ਰਦਾਨ ਕਰ ਰਿਹਾ ਹੈ। ਇਸ ਨਾਲ ਲੋਕਾਂ 'ਤੇ ਵਿੱਤੀ ਬੋਝ ਕਾਫ਼ੀ ਘਟਿਆ ਹੈ ਅਤੇ ਮਿਆਰੀ ਇਲਾਜ ਯਕੀਨੀ ਹੋਇਆ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ ਪੈਸੇ ਲੈ ਕੇ ਨੌਕਰੀਆਂ ਦੇਣ ਅਤੇ ਸਿਫ਼ਾਰਸ਼ਾਂ ਦਾ ਦੌਰ ਖ਼ਤਮ ਹੋ ਗਿਆ ਹੈ। ਅੱਜ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਅਤੇ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ ਹਨ। ਹਰ ਸਰਕਾਰੀ ਨਿਯੁਕਤੀ ਮੈਰਿਟ 'ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ, ਜਿਸ ਕਾਰਨ ਇੱਕ ਵੀ ਭਰਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ।”