ਚੰਡੀਗੜ੍ਹ, ਅਗਸਤ 11 (ਹਿੰ.ਸ.) : ਸੂਬੇ ਵਿੱਚ ਐਗਰੋ ਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਅਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਇਸ ਵਿੱਚ ਵਾਧਾ ਕਰਨਾ ਸੂਬਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਿਲ ਹੈ। ਇਨ੍ਹਾਂ ਉਦੇਸ਼ਾਂ ਨੂੰ ਪੂਰਾ ਕਰਨ ਲਈ ਪੰਜਾਬ ਵਣ ਵਿਭਾਗ ਵੱਲੋਂ ਜਾਪਾਨ ਕੌਮਾਂਤਰੀ ਸਹਿਯੋਗ ਏਜੰਸੀ (‘ਜੀਕਾ’) ਨਾਲ ਸਹਿਯੋਗ ਲਈ ਪਹੁੰਚ ਕੀਤੀ ਗਈ ਹੈ। ‘ਜੀਕਾ’ ਦੀ ਸਹਾਇਤਾ ਨਾਲ ਸੂਬੇ ਵਿੱਚ ਪੰਜਾਬ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼ ਹੈ। ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਐਗਰੋ ਫਾਰੈਸਟਰੀ ਨੂੰ ਉਤਸ਼ਾਹਿਤ ਕਰਨਾ, ਕੁਦਰਤੀ ਸਰੋਤਾਂ ਦੀ ਸੰਭਾਲ, ਜੈਵ ਵਿਭਿੰਨਤਾ ਦੀ ਸੁਰੱਖਿਆ, ਧਰਤੀ ਹੇਠ ਪਾਣੀ ਨੂੰ ਬਚਾਉਣਾ ਅਤੇ ਸ਼ਿਵਾਲਿਕ ਖੇਤਰ ਵਿੱਚ ਏਕੀਕ੍ਰਿਤ ਵਾਟਰਸ਼ੈਡ ਦਾ ਪ੍ਰਬੰਧਨ ਕਰਨਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਅਤੇ ਪਰਾਲੀ ਨਾਲ ਹੋ ਰਹੇ ਵਾਯੂ ਪ੍ਰਦੂਸ਼ਣ ਨੂੰ ਰੋਕਣਾ ਅਤੇ ਪੇਂਡੂ ਭਾਈਚਾਰਿਆਂ ਦੀ ਆਮਦਨ ਵਿੱਚ ਵਾਧਾ ਕਰਨਾ ਵੀ ਅਹਿਮ ਪੱਖ ਹੈ।
ਇਸ ਤੋਂ ਇਲਾਵਾ ਜੈਵਿਕ ਵਿਭਿੰਨਤਾ ਦੀ ਸੰਭਾਲ ਅਤੇ ਰਾਜ ਦੇ ਵੈਟਲੈਂਡਜ਼ ਵਿੱਚ ਸੁਧਾਰ ਕਰਨਾ ਵੀ ਇਸ ਪ੍ਰੋਜੈਕਟ ਦਾ ਬੇਹੱਦ ਅਹਿਮ ਹਿੱਸਾ ਹੈ। ਇਸ ਲਈ ਵਾਤਾਵਰਨ ਅਤੇ ਵਣਾਂ ਦੀ ਸਾਂਭ ਸੰਭਾਲ ਦੇ ਨਾਲ ਲੋਕਾਂ ਦੀ ਆਮਦਨ ਲਈ ਖੇਤੀਬਾੜੀ ਤੋਂ ਇਲਾਵਾ ਪਸ਼ੂ ਪਾਲਣ ਨੂੰ ਵਿਕਸਿਤ ਕੀਤਾ ਜਾਵੇਗਾ। ਕਟਾਰੂਚੱਕ ਨੇ ਇਹ ਵੀ ਕਿਹਾ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 760.30 ਕਰੋੜ ਰੁਪਏ ਹੈ ਜਿਸ ਵਿੱਚ 85:15 ਦੇ ਅਨੁਪਾਤ ਅਨੁਸਾਰ ਵਿੱਤੀ ਹਿੱਸੇਦਾਰੀ ਹੈ। ਪ੍ਰੋਜੈਕਟ ਨੂੰ 8 ਸਾਲਾਂ ਦੀ ਮਿਆਦ ਦੌਰਾਨ ਲਾਗੂ ਕਰਨ ਦੀ ਤਜਵੀਜ਼ ਹੈ। ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਦੇ ਪ੍ਰਭਾਵਸ਼ਾਲੀ ਸੰਚਾਲਨ ਅਤੇ ਲਾਗੂਕਰਨ ਲਈ ਪੰਜਾਬ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਸੋਸਾਇਟੀ ਦੇ ਗਠਨ ਨੂੰ ਵੀ ਮਨਜ਼ੂਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਮੌਕੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ, ਜੰਗਲਾਤ ਬਲ ਦੇ ਮੁਖੀ ਧਰਮਿੰਦਰ ਸ਼ਰਮਾ, ਸੌਰਵ ਗੁਪਤਾ ਪੀ. ਸੀ. ਸੀ. ਐੱਫ. ਚੀਫ ਪ੍ਰੋਜੈਕਟ ਡਾਇਰੈਕਟਰ, ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜ ਕੁਮਾਰ, ਮੁੱਖ ਵਣਪਾਲ (ਪਲੇਨਜ਼) ਨਿਧੀ ਸ਼੍ਰੀਵਾਸਤਵ, ਮੁੱਖ ਵਣਪਾਲ (ਜੰਗਲੀ ਜੀਵ) ਸਤਿੰਦਰ ਸਾਗਰ ਤੇ ਹੋਰ ਵੀ ਕਈ ਅਧਿਕਾਰੀ ਹਾਜ਼ਿਰ ਸਨ।