ਡੀਗੜ੍ਹ, (ਹਿੰ.ਸ.) ਸਾਬਕਾ ਸਿੱਖਿਆ ਮੰਤਰੀ, ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਰਗਟ ਸਿੰਘ ਨੇ 454 ਫਾਰਮਾਸਿਸਟ ਭਰਤੀ ਪ੍ਰੀਖਿਆ ਵਿੱਚ ਸਾਹਮਣੇ ਆਏ ਕਥਿਤ ਨਕਲ ਘੋਟਾਲੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਪਰਗਟ ਸਿੰਘ ਨੇ ਕਿਹਾ ਕਿ ਇਸ ਕਥਿਤ ਘੋਟਾਲੇ ਨੇ ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ, ਪਰ ਸਰਕਾਰ ਨੇ ਅਜੇ ਤੱਕ ਕਿਸੇ ਦੀ ਜਵਾਬਦੇਹੀ ਤੈਅ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਨੇ ਇਸ ਮਾਮਲੇ 'ਤੇ ਕੋਈ ਸਪੱਸ਼ਟ ਬਿਆਨ ਨਹੀਂ ਦਿੱਤਾ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੀ ਚੁੱਪ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰੀਖਿਆ ਦੌਰਾਨ ਬਲੂਟੂਥ ਡਿਵਾਈਸਾਂ ਦੀ ਵਰਤੋਂ, ਸਿਗਨਲ ਜੈਮਰ ਨਾ ਲਗਾਉਣ ਅਤੇ ਪ੍ਰੀਖਿਆ ਕੇਂਦਰਾਂ 'ਤੇ ਨਿਯਮਾਂ ਦੀ ਉਲੰਘਣਾ ਵਰਗੇ ਗੰਭੀਰ ਦੋਸ਼ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੀ ਐਫਆਈਆਰ ਵਿੱਚ ਵੀ ਕਈ ਅਹਿਮ ਤੱਥ ਦਰਜ ਹਨ, ਜਿਸ ਕਾਰਨ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਬਹੁਤ ਜ਼ਰੂਰੀ ਹੈ। ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਇੰਨਾ ਵੱਡਾ ਨਕਲ ਘੋਟਾਲਾ ਸਿਆਸੀ ਸਰਪ੍ਰਸਤੀ ਤੋਂ ਬਿਨਾਂ ਸੰਭਵ ਨਹੀਂ ਸੀ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਕਿਸੇ ਸਿਟਿੰਗ ਜੱਜ ਦੀ ਨਿਗਰਾਨੀ ਹੇਠ ਉੱਚ ਪੱਧਰੀ ਅਤੇ ਸੁਤੰਤਰ ਜਾਂਚ ਕਰਵਾਈ ਜਾਵੇ, ਤਾਂ ਜੋ ਨਕਲ ਮਾਫੀਆ ਅਤੇ ਉਨ੍ਹਾਂ ਨੂੰ ਸਰਪ੍ਰਸਤੀ ਦੇਣ ਵਾਲੇ ਸਾਰੇ ਲੋਕਾਂ ਦੀ ਪਛਾਣ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਮੁੱਦੇ ਨੂੰ ਸਿਆਸੀ ਨਹੀਂ, ਸਗੋਂ ਨੌਜਵਾਨਾਂ ਦੇ ਭਵਿੱਖ ਨਾਲ ਜੁੜਿਆ ਗੰਭੀਰ ਮਾਮਲਾ ਮੰਨਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੋਸ਼ੀਆਂ ਨੂੰ ਬਚਾਉਣ ਦੀ ਬਜਾਏ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਭਰਤੀ ਪ੍ਰਕਿਰਿਆ ਵਿੱਚ ਨੌਜਵਾਨਾਂ ਦਾ ਭਰੋਸਾ ਮੁੜ ਬਹਾਲ ਹੋ ਸਕੇ।
ਨਕਲ ਘੋਟਾਲਾ ਲੈ ਕੇ ਸਿਹਤ ਮੰਤਰੀ ਤੋਂ ਅਸਤੀਫ਼ੇ ਦੀ ਮੰਗ
454 ਫਾਰਮਾਸਿਸਟ ਭਰਤੀ ਨਕਲ ਘੋਟਾਲੇ ਦੀ ਉੱਚ ਪੱਧਰੀ ਜਾਂਚ ਹੋਵੇ, ਸਿਹਤ ਮੰਤਰੀ ਅਸਤੀਫ਼ਾ ਦੇਣ: ਪਰਗਟ ਸਿੰਘ
ਵਿਧਾਇਕ ਪਰਗਟ ਸਿੰਘ ਨੇ 454 ਫਾਰਮਾਸਿਸਟ ਭਰਤੀ ਪ੍ਰੀਖਿਆ ਵਿੱਚ ਸਾਹਮਣੇ ਆਏ ਕਥਿਤ ਨਕਲ ਘੋਟਾਲੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ
By :
True Update
,
Harpreet Singh
•