ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਸਵਾਗਤ

ਡੀ.ਏ. ਸਬੰਧੀ ਹਾਈ ਕੋਰਟ ਦੇ ਹੁਕਮਾਂ ਦਾ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਸਵਾਗਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਮਹਿੰਗਾਈ ਭੱਤਾ (ਡੀ.ਏ.) 15 ਦਿਨਾਂ ਦੇ ਅੰਦਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

By : True Update , Kamaljeet Singh Kamal
ਡੀ.ਏ. ਸਬੰਧੀ ਹਾਈ ਕੋਰਟ ਦੇ ਹੁਕਮਾਂ ਦਾ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਸਵਾਗਤ

ਚੰਡੀਗੜ੍ਹ, (ਹਿੰ.ਸ.) ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਮਹਿੰਗਾਈ ਭੱਤਾ (ਡੀ.ਏ.) 15 ਦਿਨਾਂ ਦੇ ਅੰਦਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਇਸ ਨੂੰ ਮੁਲਾਜ਼ਮਾਂ ਦੇ ਸੰਘਰਸ਼ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਹਰਗੋਬਿੰਦ ਕੌਰ ਨੇ ਕਿਹਾ ਕਿ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਮੁਲਾਜ਼ਮਾਂ ਦੇ ਕਾਨੂੰਨੀ ਹੱਕਾਂ ਨੂੰ ਹੋਰ ਲੰਬੇ ਸਮੇਂ ਤੱਕ ਰੋਕਿਆ ਨਹੀਂ ਜਾ ਸਕਦਾ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਮੁੱਖ ਸਕੱਤਰ, ਪੰਜਾਬ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਜਦੋਂ ਤੱਕ ਮੁਲਾਜ਼ਮਾਂ ਦਾ ਬਣਦਾ ਡੀ.ਏ. ਅਦਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਹੋਰ ਸਰਕਾਰੀ ਇਸ਼ਤਿਹਾਰਬਾਜ਼ੀ 'ਤੇ ਹੋਣ ਵਾਲੇ ਖ਼ਰਚਿਆਂ 'ਤੇ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਨਾ ਸਿਰਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਜਿੱਤ ਹੈ, ਸਗੋਂ ਸਰਕਾਰੀ ਖ਼ਜ਼ਾਨੇ ਦੀ ਜਵਾਬਦੇਹ ਵਰਤੋਂ ਅਤੇ ਬੇਲੋੜੇ ਇਸ਼ਤਿਹਾਰਾਂ 'ਤੇ ਵੀ ਸਖ਼ਤ ਸੰਦੇਸ਼ ਦਿੰਦਾ ਹੈ। ਹਰਗੋਬਿੰਦ ਕੌਰ ਨੇ ਕਿਹਾ ਕਿ ਇਹ ਜਿੱਤ ਮੁਲਾਜ਼ਮ ਏਕਤਾ, ਲੰਮੇ ਸੰਘਰਸ਼ ਅਤੇ ਨਿਆਂ ਦੀ ਜਿੱਤ ਹੈ। ਉਨ੍ਹਾਂ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇਕਜੁੱਟ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਹੱਕਾਂ ਦੀ ਰੱਖਿਆ ਲਈ ਅੱਗੇ ਵੀ ਸੰਘਰਸ਼ ਜਾਰੀ ਰੱਖਣਗੇ।