ਕੋਈ ਵੀ ਵਿਦਿਆਰਥੀ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਾ ਰਹੇ

ਐਸਸੀ ਵਿਦਿਆਰਥੀਆਂ ਲਈ ਸਕਾਲਰਸ਼ਿਪ ਨੂੰ ਲੈ ਕੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਦੇ ਦਿੱਤੇ ਨਿਰਦੇਸ਼

ਆਰਥਿਕ ਤੰਗੀ ਕਿਸੇ ਵੀ ਵਿਦਿਆਰਥੀ ਦੇ ਉੱਚ ਸਿੱਖਿਆ ਹਾਸਲ ਕਰਨ ਦੇ ਸੁਪਨਿਆਂ ਵਿੱਚ ਰੁਕਾਵਟ ਨਾ ਬਣੇ : ਡਾ. ਬਲਜੀਤ

By : True Update , Harmanjot Singh
ਐਸਸੀ ਵਿਦਿਆਰਥੀਆਂ ਲਈ ਸਕਾਲਰਸ਼ਿਪ ਨੂੰ ਲੈ ਕੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 25 ਅਗਸਤ (ਅਭਿਸ਼ੇਕ ਮੈਨਰੋ) : ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2026-27 ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਜੋ ਕਿ 1 ਜੁਲਾਈ, 2026 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਕਾਰਜਸ਼ੀਲ ਹੈ, ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਦਿਆਰਥੀ ਜਾਣਕਾਰੀ ਦੀ ਘਾਟ, ਪ੍ਰਕਿਰਿਆ ਸਬੰਧੀ ਮੁਸ਼ਕਿਲ ਜਾਂ ਤਕਨੀਕੀ ਸਮੱਸਿਆ ਕਾਰਨ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਪੰਜਾਬ ਸਰਕਾਰ ਉਚੇਰੀ ਸਿੱਖਿਆ ਨੂੰ ਹਰ ਵਰਗ ਤੱਕ ਪਹੁੰਚਯੋਗ, ਬਰਾਬਰੀ ਵਾਲੀ ਅਤੇ ਕਿਫਾਇਤੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਿਸੇ ਵੀ ਵਿਦਿਆਰਥੀ ਦੇ ਉੱਚ ਸਿੱਖਿਆ ਹਾਸਲ ਕਰਨ ਦੇ ਸੁਪਨਿਆਂ ਵਿੱਚ ਰੁਕਾਵਟ ਨਾ ਬਣੇ। ਉਨ੍ਹਾਂ ਸਮੂਹ ਯੋਗ ਐਸ.ਸੀ. ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਖਰੀ ਮਿਤੀ ਤੋਂ ਪਹਿਲਾਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਨਵੀਂ ਆਨਲਾਈਨ ਅਰਜ਼ੀ ਪ੍ਰਕਿਰਿਆ ਦੌਰਾਨ ਵਿਦਿਆਰਥੀਆਂ ਦੀ ਸਹੂਲਤ ਲਈ ਮੰਤਰੀ ਨੇ ਵਿਸ਼ੇਸ਼ ਹੈਲਪਡੈਸਕ ਈ-ਮੇਲ pms.nspqueries2026@gmail.com ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਨੈਸ਼ਨਲ ਸਕਾਲਰਸ਼ਿਪ ਪੋਰਟਲ ਰਾਹੀਂ ਅਪਲਾਈ ਕਰਨ ਸਮੇਂ ਆ ਰਹੀਆਂ ਤਕਨੀਕੀ ਜਾਂ ਪ੍ਰਕਿਰਿਆ ਸਬੰਧੀ ਸਮੱਸਿਆਵਾਂ ਨੂੰ ਇਸ ਈ-ਮੇਲ ਰਾਹੀਂ ਭੇਜਿਆ ਜਾ ਸਕਦਾ ਹੈ, ਜਿਨ੍ਹਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਇਸ ਪਹਿਲ ਦਾ ਉਦੇਸ਼ ਵਿਦਿਆਰਥੀਆਂ ਲਈ ਪਾਰਦਰਸ਼ੀ, ਸੁਚਾਰੂ ਅਤੇ ਸੁਵਿਧਾਜਨਕ ਅਰਜ਼ੀ ਪ੍ਰਕਿਰਿਆ ਯਕੀਨੀ ਬਣਾਉਣਾ ਹੈ। ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗਾਂ ਦੇ ਡਾਇਰੈਕਟਰਾਂ ਸਮੇਤ ਸਾਰੀਆਂ ਯੂਨੀਵਰਸਿਟੀਆਂ, ਕਾਲਜਾਂ ਅਤੇ ਸਬੰਧਤ ਵਿੱਦਿਅਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਦਿਆਰਥੀਆਂ ਨੂੰ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਅਤੇ ਸੰਸਥਾਵਾਂ ਦੇ ਸਾਂਝੇ ਯਤਨਾਂ ਨਾਲ ਹੀ ਸਕੀਮ ਦਾ ਵੱਧ ਤੋਂ ਵੱਧ ਲਾਭ ਯੋਗ ਵਿਦਿਆਰਥੀਆਂ ਤੱਕ ਪਹੁੰਚਾਇਆ ਜਾ ਸਕਦਾ ਹੈ।