ਚੰਡੀਗੜ੍ਹ, 04 ਸਤੰਬਰ (ਹਿੰ.ਸ.) : ਪੰਜਾਬ ਸਰਕਾਰ ਵੱਲੋਂ ਸਮਾਜ ਦੇ ਕਮਜ਼ੋਰ, ਲੋੜਵੰਦ ਅਤੇ ਵੰਚਿਤ ਵਰਗਾਂ ਨੂੰ ਸਮਾਜਿਕ ਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਵੱਖ-ਵੱਖ ਭਲਾਈ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਯੋਗ ਨਾਗਰਿਕ ਨੂੰ ਸਨਮਾਨ, ਆਤਮ-ਨਿਰਭਰਤਾ ਅਤੇ ਆਰਥਿਕ ਸੁਰੱਖਿਆ ਨਾਲ ਜੀਵਨ ਬਤੀਤ ਕਰਨ ਦੇ ਯੋਗ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਬੁਢਾਪਾ ਪੈਨਸ਼ਨ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਹੁਣ ਤੱਕ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀਬੀਟੀ) ਰਾਹੀਂ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਡੀਬੀਟੀ ਪ੍ਰਣਾਲੀ ਨਾਲ ਵਿੱਤੀ ਸਹਾਇਤਾ ਦੀ ਵੰਡ ਪਾਰਦਰਸ਼ੀ, ਸਮੇਂ ਸਿਰ ਅਤੇ ਬਿਨਾਂ ਕਿਸੇ ਵਿਚੋਲਗੀ ਦੇ ਯਕੀਨੀ ਬਣੀ ਹੈ। ਡਾ. ਬਲਜੀਤ ਕੌਰ ਅਨੁਸਾਰ ਪੰਜਾਬ ਭਰ ਵਿੱਚ ਇਸ ਸਮੇਂ 36 ਲੱਖ ਤੋਂ ਵੱਧ ਲਾਭਪਾਤਰੀ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈ ਰਹੇ ਹਨ। ਵਿੱਤੀ ਵਰ੍ਹਾ 2026-27 ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ ₹6,131.91 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ। ਇਸ ਤਹਿਤ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਨਿਰਭਰ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਨੂੰ ਨਿਰੰਤਰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਲਾਭਪਾਤਰੀ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਹੱਕਦਾਰਾਂ ਦੀ ਸਰਗਰਮੀ ਨਾਲ ਪਛਾਣ ਕਰਨ, ਮਾਮਲਿਆਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕਰਨ ਅਤੇ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ, ਜਵਾਬਦੇਹੀ ਤੇ ਸੰਵੇਦਨਸ਼ੀਲਤਾ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਵੇਸ਼ੀ ਅਤੇ ਲੋਕ-ਪੱਖੀ ਨੀਤੀਆਂ ਨੂੰ ਹੋਰ ਮਜ਼ਬੂਤ ਕਰਦਿਆਂ ਅਜਿਹੇ ‘ਰੰਗਲੇ ਪੰਜਾਬ’ ਦੀ ਸਿਰਜਣਾ ਲਈ ਵਚਨਬੱਧ ਹੈ, ਜਿੱਥੇ ਵਿਕਾਸ ਅਤੇ ਭਲਾਈ ਦਾ ਲਾਭ ਸਮਾਜ ਦੇ ਹਰ ਹੱਕਦਾਰ ਵਰਗ ਤੱਕ ਪਹੁੰਚੇ।