ਪਰਾਲੀ ਪ੍ਰਬੰਧਨ ਸਬੰਧੀ ਉੱਚ ਪੱਧਰੀ ਮੀਟਿੰਗ

ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ’ਚ ਵਿਆਪਕ ਜਾਗਰੂਕਤਾ ਮੁਹਿੰਮ

ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਅਤੇ ਇਸ ਦੇ ਵਿਹਾਰਕ ਬਦਲਾਂ ਬਾਰੇ ਜਾਗਰੂਕ ਕਰਨ ਦੇ ਦਿੱਤੇ ਨਿਰਦੇਸ਼

By : True Update , Harmanjot Singh
ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ’ਚ ਵਿਆਪਕ ਜਾਗਰੂਕਤਾ ਮੁਹਿੰਮ

ਚੰਡੀਗੜ੍ਹ, 1 ਸਤੰਬਰ (ਹਿੰ.ਸ.) : ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਘਟਾਉਣ ਲਈ ਸੂਬਾ ਸਰਕਾਰ ਵੱਲੋਂ ਪਿੰਡਾਂ ਅਤੇ ਬਲਾਕ ਪੱਧਰ ’ਤੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਾਲੀ ਪ੍ਰਬੰਧਨ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਅਤੇ ਇਸ ਦੇ ਵਿਹਾਰਕ ਬਦਲਾਂ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਯਤਨਾਂ ਸਦਕਾ 2023 ਤੋਂ 2025 ਦਰਮਿਆਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 86 ਫੀਸਦੀ ਕਮੀ ਆਈ ਹੈ। 2023 ਵਿੱਚ 36,663 ਘਟਨਾਵਾਂ ਦਰਜ ਹੋਈਆਂ ਸਨ, ਜੋ 2024 ਵਿੱਚ ਘਟ ਕੇ 10,909 ਅਤੇ 2025 ਵਿੱਚ 5,114 ਰਹਿ ਗਈਆਂ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਇਸ ਰੁਝਾਨ ਨੂੰ ਹੋਰ ਹੇਠਾਂ ਲਿਆਉਣ ਲਈ ਪਿੰਡਾਂ ਅਤੇ ਬਲਾਕਾਂ ਵਿੱਚ ਖੇਤੀ ਮਸ਼ੀਨਰੀ ਦੇ ਪ੍ਰਦਰਸ਼ਨ, ਨੁੱਕੜ ਨਾਟਕ, ਸਰਪੰਚਾਂ ਨਾਲ ਮੀਟਿੰਗਾਂ, ਸਹੁੰ ਚੁੱਕ ਸਮਾਗਮ ਅਤੇ ਹੋਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣ। ਮੁਹਿੰਮ ਵਿੱਚ ਪੰਚਾਇਤਾਂ, ਕਿਸਾਨਾਂ, ਐਨਜੀਓਜ਼ ਅਤੇ ਸਮਾਜ ਸੇਵਕਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ਸਮੇਤ ਡਿਜੀਟਲ ਅਤੇ ਮਲਟੀਮੀਡੀਆ ਸਾਧਨਾਂ ਦੀ ਵਰਤੋਂ ’ਤੇ ਜ਼ੋਰ ਦਿੰਦਿਆਂ ਰੇਡੀਓ ਜਿੰਗਲਜ਼, ਪ੍ਰਿੰਟ ਮੀਡੀਆ, ਟੈਲੀਵਿਜ਼ਨ, ਮੋਬਾਈਲ ਐਸਐਮਐਸ ਅਤੇ ਆਊਟਡੋਰ ਮੀਡੀਆ ਰਾਹੀਂ ਵੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਵਧੀਆ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ, ਪੰਚਾਇਤਾਂ, ਪੈਕਸ ਅਤੇ ਹੋਰ ਪੇਂਡੂ ਸੰਸਥਾਵਾਂ ਨੂੰ ਸਨਮਾਨਿਤ ਕਰਨ ਦੀ ਗੱਲ ਵੀ ਕਹੀ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਕਰੀਬ 30 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਲੁਆਈ ਹੋਈ ਹੈ ਅਤੇ ਇਸ ਤੋਂ ਲਗਭਗ 18.81 ਮਿਲੀਅਨ ਟਨ ਪਰਾਲੀ ਪੈਦਾ ਹੋਣ ਦੀ ਉਮੀਦ ਹੈ। ਇਸ ਦੇ ਪ੍ਰਬੰਧਨ ਲਈ ਇਨ-ਸੀਟੂ ਅਤੇ ਐਕਸ-ਸੀਟੂ ਦੋਵਾਂ ਤਰੀਕਿਆਂ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਰਾਲੀ ਦੀ ਖੇਤ ਵਿੱਚ ਸੰਭਾਲ ਦੇ ਨਾਲ-ਨਾਲ ਖੇਤ ਤੋਂ ਬਾਹਰ ਇਸ ਦੀ ਵਰਤੋਂ ਨੂੰ ਉਤਸ਼ਾਹਿਤ ਕਰਕੇ ਕਿਸਾਨਾਂ ਨੂੰ ਆਰਥਿਕ ਲਾਭ ਅਤੇ ਵਾਤਾਵਰਨ ਨੂੰ ਸੁਰੱਖਿਆ ਦਿੱਤੀ ਜਾ ਸਕਦੀ ਹੈ। ਮੀਟਿੰਗ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। 
 

ਮੁੱਖ ਖ਼ਬਰਾਂ

ਤਰਨ ਤਾਰਨ ਵਿਚ ਕਣਕ ਦੇ ਨਾੜ ਸਾੜਨ ਵਿਰੁੱਧ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਤਰਨ ਤਾਰਨ ਵਿਚ ਕਣਕ ਦੇ ਨਾੜ ਸਾੜਨ ਵਿਰੁੱਧ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਤਰਨ ਤਾਰਨ ਵਿਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦਾ ਮੁੱਖ ਮੰਤਵ ਕਣਕ ਦੇ ਨਾੜ ਨਾ ਸਾੜਨ ਦਾ ਸੀ। ਕਿਸਾਨਾਂ ਨੂੰ ਨਾੜ ਪ੍ਰਬੰਧਨ ਅਤੇ ਸਬਸਿਡੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।