ਬਟਾਲਾ, 03 ਸਤੰਬਰ (ਹਿੰ.ਸ.) : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ‘ਕਲੀਨ ਪੰਜਾਬ’ ਮਿਸ਼ਨ ਤਹਿਤ ਸਫ਼ਾਈ ਮੁਹਿੰਮ ਜਾਰੀ ਹੈ। ਇਸ ਮੁਹਿੰਮ ਦਾ ਉਦੇਸ਼ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ (ਜੀਵੀਪੀ) ਨੂੰ ਖ਼ਤਮ ਕਰਨਾ ਅਤੇ ਸ਼ਹਿਰ ਵਿੱਚ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਉਣਾ ਹੈ। ਇਸ ਮੌਕੇ ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਰਹੇ। ਵਿਧਾਇਕ ਸ਼ੈਰੀ ਕਲਸੀ ਨੇ ਖੁਦ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਦਾ ਦੌਰਾ ਕਰਕੇ ਕੂੜੇ ਦੇ ਢੇਰ ਚੁਕਵਾਏ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮਕਸਦ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ ਨੂੰ ਖ਼ਤਮ ਕਰਨ ਦੇ ਨਾਲ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਫ਼ ਕੀਤੀਆਂ ਥਾਵਾਂ ’ਤੇ ਮੁੜ ਕੂੜਾ ਨਾ ਸੁੱਟਿਆ ਜਾਵੇ ਅਤੇ ਘਰੇਲੂ ਕੂੜੇ ਦਾ ਜ਼ਿੰਮੇਵਾਰੀ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਸਫ਼ਾਈ ਕਰਮਚਾਰੀਆਂ ਦੇ ਨਾਲ ਲੋਕਾਂ ਦੇ ਸਹਿਯੋਗ ਨਾਲ ਹੀ ਬਟਾਲਾ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕਦਾ ਹੈ।