ਖੰਨਾ, 11 ਸਤੰਬਰ ( ਰਾਜਵਿੰਦਰ ਰਾਜੂ) : ਨਸ਼ਿਆਂ ਦੇ ਖਾਤਮੇ ਲਈ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਰਾਬਤਾ ਕਾਇਮ ਕਰਨ ਦੀ ਦਿਸ਼ਾ ਵਿੱਚ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਨਵੇਕਲੀ ਪਹਿਲ ਕੀਤੀ ਗਈ ਹੈ। ਨਸ਼ਿਆਂ ਦੇ ਹੌਟਸਪੌਟ ਵਜੋਂ ਚਰਚਿਤ ਪਿੰਡ ਬਿਲਾਸਪੁਰ ਅਤੇ ਦੋਰਾਹਾ ਵਿਖੇ ਪਹੁੰਚੇ ਐਸ.ਐਸ.ਪੀ ਨੇ ਪਿੰਡ ਦੀ ਸੱਥ ਵਿੱਚ ਲੋਕਾਂ ਨਾਲ ਜ਼ਮੀਨ ’ਤੇ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਸਬੰਧੀ ਫੀਡਬੈਕ ਤੇ ਸੁਝਾਅ ਲਏ। ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੇ ਸਹਿਯੋਗ ਨਾਲ ਹੀ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ, ਪਰ ਲੋਕਾਂ ਦਾ ਸਹਿਯੋਗ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ। ਖਾਸ ਗੱਲ ਇਹ ਰਹੀ ਕਿ ਸੱਥ ਵਿੱਚ ਕੁਰਸੀਆਂ ਮੌਜੂਦ ਹੋਣ ਦੇ ਬਾਵਜੂਦ ਐਸ.ਐਸ.ਪੀ. ਨੇ ਪਿੰਡ ਵਾਸੀਆਂ ਨਾਲ ਜ਼ਮੀਨ ’ਤੇ ਬੈਠ ਕੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਕੋਈ ਹੁਕਮ ਜਾਂ ਉਪਦੇਸ਼ ਦੇਣ ਨਹੀਂ, ਬਲਕਿ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਜ਼ਮੀਨੀ ਹਕੀਕਤ ਜਾਣਨ ਲਈ ਪਹੁੰਚੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਵਿਅਕਤੀ ਨਸ਼ਾ ਵੇਚਦਾ ਜਾਂ ਤਸਕਰੀ ਵਿੱਚ ਸ਼ਾਮਲ ਹੈ ਤਾਂ ਉਸ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਇਸੇ ਤਰ੍ਹਾਂ ਨਸ਼ਿਆਂ ਦੀ ਵਰਤੋਂ ਕਰ ਰਹੇ ਨੌਜਵਾਨਾਂ ਦੀ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਵੀ ਸਹਿਯੋਗ ਕੀਤਾ ਜਾ ਸਕਦਾ ਹੈ। ਐਸਐਸਪੀ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਨਸ਼ਿਆਂ ਸਬੰਧੀ ਮਿਲਣ ਵਾਲੀ ਹਰ ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾਂਦਾ ਹੈ ਕਿ ਬੀਤੇ ਦਿਨ ਲੁਧਿਆਣਾ ਰੇਂਜ ਦੇ ਡੀਆਈਜੀ ਸੰਦੀਪ ਗੋਇਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਸਬੰਧੀ ਜ਼ਿਲ੍ਹਾ, ਵਿਧਾਨ ਸਭਾ ਅਤੇ ਬਲਾਕ ਪੱਧਰ ਦੇ ਕੋਆਰਡੀਨੇਟਰਾਂ ਤੋਂ ਫੀਡਬੈਕ ਲਿਆ ਗਿਆ ਸੀ। ਇਸ ਤੋਂ ਬਾਅਦ ਐਸਐਸਪੀ ਖੰਨਾ ਵੱਲੋਂ ਅਗਲੇ ਦਿਨ ਹੀ ਗਰਾਊਂਡ ਪੱਧਰ ’ਤੇ ਪਹੁੰਚ ਕੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ ਗਿਆ। ਡਾ. ਆਹਲੂਵਾਲੀਆ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਪੁਲਿਸ ਇਕੱਲੀ ਨਹੀਂ, ਸਗੋਂ ਪੂਰਾ ਸਮਾਜ ਇੱਕ ਟੀਮ ਵਜੋਂ ਕੰਮ ਕਰੇਗਾ। ਲੋਕਾਂ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਦੇ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾਣਗੇ।