ਜਲੰਧਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਇੱਕ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ 2.14 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖੇਡਾਂ ਵਿੱਚ ਸਫ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਰੀਬ 44 ਸਾਲਾਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿੱਚ ਵਾਪਸ ਆ ਰਹੀ ਹੈ। ਉਨ੍ਹਾਂ ਕਿਹਾ, "ਅੰਡਰ-13 ਕੈਟਾਗਰੀ ਦੀ ਇਹ ਚੈਂਪੀਅਨਸ਼ਿਪ ਪੰਜਾਬ ਵਿੱਚ ਬੈਡਮਿੰਟਨ ਨੂੰ ਵੱਡਾ ਹੁਲਾਰਾ ਦੇਵੇਗੀ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰੇਗੀ। ਪੰਜਾਬ ਸਰਕਾਰ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੇ ਪੂਜਨੀਕ ਸਿੱਖ ਗੁਰੂਆਂ ਨੇ ਖੇਡਾਂ ਰਾਹੀਂ ਨਾ ਸਿਰਫ਼ ਅਧਿਆਤਮਿਕਤਾ ਸਗੋਂ ਸਰੀਰਕ ਤੰਦਰੁਸਤੀ ਨੂੰ ਵੀ ਉਤਸ਼ਾਹਿਤ ਕੀਤਾ। ਸ੍ਰੀ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਵਿਖੇ 'ਮੱਲ ਅਖਾੜਾ' ਸਥਾਪਿਤ ਕੀਤਾ ਅਤੇ ਖੁਦ ਕੁਸ਼ਤੀ ਅਤੇ ਸਰੀਰਕ ਸਿਖਲਾਈ ਦੀ ਨਿਗਰਾਨੀ ਕੀਤੀ, ਜਦੋਂ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਨੌਜਵਾਨਾਂ ਨੂੰ ਘੋੜ ਸਵਾਰੀ ਅਤੇ ਤੀਰਅੰਦਾਜ਼ੀ ਦੀ ਸਿਖਲਾਈ ਦਿੱਤੀ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ ਸਮੇਂ ਦੀ ਹਰ ਖੇਡ ਅਤੇ ਯੁੱਧ ਕਲਾ (ਮਾਰਸ਼ਲ ਆਰਟ) ਵਿੱਚ ਮਾਹਰ ਸਨ। ਅੱਜ ਵੀ ਪੰਜਾਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੌਰਾਨ ਕੀਤੀਆਂ ਜਾਣ ਵਾਲੀਆਂ ਰਵਾਇਤੀ ਖੇਡਾਂ ਰਾਹੀਂ ਆਪਣੀਆਂ ਅਮੀਰ ਖੇਡ ਪਰੰਪਰਾਵਾਂ ਦਾ ਮਾਣ ਨਾਲ ਪ੍ਰਦਰਸ਼ਨ ਕਰਦਾ ਹੈ।" ਮੁੱਖ ਮੰਤਰੀ ਨੇ ਕਿਹਾ, "ਖੇਡ ਬੁਨਿਆਦੀ ਢਾਂਚੇ ਅਤੇ ਅਥਲੀਟਾਂ ਦੇ ਵਿਕਾਸ ਵਿੱਚ ਪੰਜਾਬ ਸਰਕਾਰ ਦੇ ਨਿਰੰਤਰ ਨਿਵੇਸ਼ ਨੇ ਪਹਿਲਾਂ ਹੀ ਉਤਸ਼ਾਹਜਨਕ ਨਤੀਜੇ ਦੇਣੇ ਸ਼ੁਰੂ ਕਰ ਦਿੱਤੇ ਹਨ, ਜਿਸ ਨਾਲ ਸੂਬੇ ਦੇ ਕਈ ਖਿਡਾਰੀਆਂ ਨੇ ਉੱਚ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਜਗ੍ਹਾ ਬਣਾਈ ਹੈ।" ਉਨ੍ਹਾਂ ਦੁਹਰਾਇਆ ਕਿ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਸਿਰਜਣ ਲਈ ਹਰ ਸੰਭਵ ਯਤਨ ਜਾਰੀ ਰੱਖੇਗੀ।
ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਇਤਿਹਾਸਿਕ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅਤੇ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਲਈ 2.14 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।
By :
True Update
,
Harpreet Singh
•